ਬੇਰੋਜ਼ਗਾਰ ਲੜਕੇ ਤੇ ਲੜਕੀਆਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ ਆਰਸੇਟੀ -ਏ.ਡੀ.ਸੀ. ਹਰਪ੍ਰੀਤ ਸਿੰਘ
ਆਰਸੇਟੀ ਨੇ 35 ਬੈਚ ਲਗਾ ਕੇ 1022 ਨੌਜਵਾਨਾਂ ਨੂੰ ਦਿੱਤੀ ਵੱਖ-ਵੱਖ ਕੋਰਸਾਂ ਦੀ ਸਿਖਲਾਈ
ਸਵੈ ਰੋਜ਼ਗਾਰ ਲਈ ਦਿੱਤੇ ਜਾਣ ਵਾਲੇ ਕਰਜ਼ੇ ਦੇ ਕੇਸਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕਰਨ ਦੇ ਹੁਕਮ
ਫਤਹਿਗੜ੍ਹ ਸਾਹਿਬ, 14 ਜੂਨ:

ਦਿਹਾਤੀ ਖੇਤਰ ਦੇ ਬੇਰੋਜ਼ਗਾਰ ਲੜਕੇ ਤੇ ਲੜਕੀਆਂ ਨੂੰ ਸਵੈ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਅਹਿਮ ਭੂਮਿਕਾ ਨਿਭਾਅ ਰਹੀ ਹੈ ਅਤੇ ਇਸ ਸੰਸਥਾ ਵੱਲੋਂ ਸਾਲ 2024-25 ਦੌਰਾਨ 35 ਬੈਚਾਂ ਵਿੱਚ 1022 ਸਿਖਿਆਰਥੀਆਂ ਨੂੰ ਵੱਖ-ਵੱਖ ਕਿੱਤਾਮੁਖੀ ਕੋਰਸਾਂ ਦੀ ਸਿਖਲਾਈ ਦਿੱਤੀ ਗਈ ਹੈ, ਜਿਨ੍ਹਾਂ ਵਿੱਚੋਂ 819 ਮਹਿਲਾ ਸਿਖਿਆਰਥਣਾਂ ਹਨ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਪ੍ਰੀਤ ਸਿੰਘ ਨੇ ਆਰਸੇਟੀ ਤੇ ਸਮੂਹ ਬੈਂਕਾਂ ਦੀ ਸਲਾਹਕਾਰ ਕਮੇਟੀ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਆਰਸੇਟੀ ਤੋਂ ਸਿਖਲਾਈ ਹਾਸਲ ਕਰਕੇ 766 ਨੌਜਵਾਨ ਸਵੈ ਰੋਜ਼ਗਾਰ ਸ਼ੁਰੂ ਕਰਕੇ ਆਪਣੇ ਪੈਰ੍ਹਾਂ ਤੇ ਖੜੇ ਹੋਏ ਹਨ, ਜਿਨ੍ਹਾਂ ਵਿੱਚੋਂ 398 ਸਿਖਿਆਰਥੀਆਂ ਨੇ ਸਰਕਾਰ ਦੀਆਂ ਸਵੈ ਰੋਜ਼ਗਾਰ ਸਕੀਮਾਂ ਅਧੀਨ ਕਰਜ਼ੇ ਪ੍ਰਾਪਤ ਕੀਤੇ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਸਿਖਿਆਰਥੀ, ਆਰਸੇਟੀ ਤੋਂ ਸਿਖਲਾਈ ਹਾਸਲ ਕਰਕੇ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਕਰਜ਼ੇ ਲੈਣਾ ਚਾਹੁੰਦੇ ਹਨ , ਉਨ੍ਹਾਂ ਦੇ ਕੇਸਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਨੌਜਵਾਨ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰਕੇ ਆਪਣਾ ਤੇ ਆਪਣੇ ਪਰਿਵਾਰ ਦਾ ਆਰਥਿਕ ਪੱਧਰ ਮਜਬੂਤ ਕਰ ਸਕਣ।
ਹਰਪ੍ਰੀਤ ਸਿੰਘ ਨੇ ਸਮੂਹ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਿਥੇ ਗਏ ਟੀਚਿਆਂ ਦੀ ਤੈਅ ਸਮੇਂ ਅੰਦਰ ਪ੍ਰਾਪਤੀ ਯਕੀਨੀ ਬਣਾਈ ਜਾਵੇ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਇੰਨ ਬਿੰਨ ਰੂਪ ਵਿੱਚ ਲਾਗੂ ਕਰਨ ਚ ਕੋਈ ਢਿੱਲ ਮੱਠ ਨਾ ਵਰਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਦੀ ਕਰਜ਼ਾ ਯੋਜਨਾ ਦੀ 100 ਫੀਸਦੀ ਪ੍ਰਾਪਤੀ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਇਸ ਮੌਕੇ ਆਰਸੇਟੀ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਵਿਸਥਾਰ ਸਹਿਤ ਜਾਣਕਾਰੀ ਵੀ ਹਾਸਲ ਕੀਤੀ। ਉਹਨਾਂ ਇਸ ਮੌਕੇ ਸਾਲ 2025 26 ਲਈ ਜਿਲ੍ੇ ਦੀ ਸਲਾਨਾ ਕਰਜ਼ਾ ਯੋਜਨਾ ਵੀ ਜਾਰੀ ਕੀਤੀ।
ਮੀਟਿੰਗ ਵਿੱਚ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਮੁਕੇਸ਼ ਸੈਣੀ, ਆਰਸੇਟੀ ਦੇ ਡਾਇਰੈਕਟਰ ਰਾਮ ਲਾਲ, ਨਾਬਾਰਡ ਦੀ ਡੀ.ਡੀ.ਐਮ. ਆਂਚਲ ਸ਼ਰਮਾ ਤੇ ਆਰ.ਬੀ.ਆਈ. ਦੇ ਐਲ.ਡੀ.ਓ. ਯਸ਼ ਭਾਰਦਵਾਜ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਬੈਂਕਾਂ ਦੇ ਮੈਨੇਜਰ ਹਾਜਰ ਸਨ।