ਜ਼ਿਲ੍ਹੇ ਦੇ 15 ਸਕੂਲਾਂ ਨੂੰ 6.6 ਕਰੋੜ ਦੀ ਲਾਗਤ ਨਾਲ ਬਣਾਇਆ ਜਾ ਰਿਹੈ ਸਕੂਲ ਆਫ ਹੈਪੀਨੈੱਸ-ਡਿਪਟੀ ਕਮਿਸ਼ਨਰ
ਸਰਕਾਰੀ ਸਕੂਲਾਂ ਦੇ 36237 ਬੱਚਿਆਂ ਨੂੰ ਦਿੱਤਾ ਜਾ ਰਿਹੈ ਮਿਡ ਡੇਅ ਮੀਲ ਸਕੀਮ ਦਾ ਲਾਭ
ਸਰਕਾਰੀ ਸਕੂਲਾਂ ਦੇ 40756 ਬੱਚਿਆਂ ਨੂੰ ਵਰਦੀਆਂ ਮੁਹੱਈਆ ਕਰਵਾਉਣ ਲਈ ਖਰਚੇ ਜਾ ਰਹੇ ਲਗਭਗ 2.45 ਕਰੋੜ ਰੁਪਏ
ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਕੀਤੀ ਮੀਟਿੰਗ
ਫ਼ਤਹਿਗੜ੍ਹ ਸਾਹਿਬ, 16 ਜੁਲਾਈ:

ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਕ੍ਰਾਂਤੀਕਾਰੀ ਫੈਸਲਿਆਂ ਸਦਕਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਜਿਥੇ ਪਹਿਲਾਂ ਸਕੂਲ ਆਫ ਐਮੀਨੈਂਸ ਬਣਾਏ ਗਏ ਹਨ ਉਥੇ ਹੀ ਹੁਣ 6.6 ਕਰੋੜ ਦੀ ਲਾਗਤ ਨਾਲ 15 ਸਕੂਲਾਂ ਨੂੰ ਸਕੂਲ ਆਫ ਹੈਪੀਨੈੱਸ ਬਣਾਇਆ ਜਾ ਰਿਹਾ ਹੈ। ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪ੍ਰਾਇਮਰੀ ਪੱਧਰ ਤੋਂ ਹੀ ਆਧੁਨਿਕ ਤਕਨੀਕਾਂ ਨਾਲ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਸਬੰਧੀ ਸਬੰਧਤ ਵਿਧਾਇਕ ਨਾਲ ਤਾਲਮੇਲ ਵੀ ਕੀਤਾ ਜਾਵੇ ਅਤੇ ਕਰਵਾਏ ਜਾ ਰਹੇ ਕੰਮਾਂ ਬਾਰੇ ਮੁਕੰਮਲ ਰਿਪੋਰਟ ਵਿਧਾਇਕ ਨੂੰ ਭੇਜੀ ਜਾਵੇ।
ਡਾ: ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਦੇ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹ ਰਹੇ 36237 ਬੱਚਿਆਂ ਨੂੰ 01 ਕਰੋੜ 99 ਲੱਖ 40 ਹਜ਼ਾਰ ਰੁਪਏ ਖਰਚ ਕੇ ਮਿਡ ਡੇਅ ਮੀਲ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਹੋਰ ਦੱਸਿਆ ਕਿ ਸਮੱਗਰਾ ਅਭਿਆਨ/ਪੀ.ਐਮ. ਸ਼੍ਰੀ ਤਹਿਤ ਪ੍ਰੀ. ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ 40756 ਬੱਚਿਆਂ ਨੂੰ ਵਰਦੀਆਂ ਮੁਹੱਈਆ ਕਰਵਾਉਣ ਲਈ 2 ਕਰੋੜ 44 ਲੱਖ 53 ਹਜ਼ਾਰ 600 ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਬੱਚਿਆਂ ਨੂੰ ਸਮੇਂ ਸਿਰ ਵਰਦੀਆਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਿੱਖਿਆ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਵਿੱਚ ਇੱਕ ਜ਼ਿਲ੍ਹਾ ਪੱਧਰ ਤੇ ਅਤੇ 26 ਕਲਸਟਰ ਪੱਧਰ ਤੇ ਰਿਸੋਰਸ ਸੈਂਟਰ ਚਲਾਏ ਜਾ ਰਹੇ ਹਨ। ਜਿਨ੍ਰਾਂ ਵਿੱਚ ਵਿਸ਼ੇਸ਼ ਲੋੜਾਂ ਵਾਲੇ 262 ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕੀਤੀ ਰਹੀ ਹੈ। ਇਸ ਤੋਂ ਇਲਾਵਾ ਸਕੂਲਾਂ ਤੱਕ ਨਾ ਆ ਸਕਣ ਵਾਲੇ 98 ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਘਰਾਂ ਵਿੱਚ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ 28 ਅਪ੍ਰੈਲ ਤੋਂ 21 ਮਈ ਤੱਕ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸ਼ਨਾਖਤ ਕਰਨ ਲਈ ਕੀਤੇ ਗਏ ਸਰਵੇ ਵਿੱਚ 54 ਨਵੇਂ ਬੱਚਿਆਂ ਦੀ ਸ਼ਨਾਖਤ ਵੀ ਕੀਤੀ ਗਈ ਜਿਨ੍ਹਾਂ ਨੂੰ ਸਕੂਲਾਂ ਵਿੱਚ ਪੜ੍ਹਾਈ ਨਾਲ ਜੋੜਿਆ ਗਿਆ ਹੈ।
ਡਾ: ਸੋਨਾ ਥਿੰਦ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਵਿੱਚ ਕਰਵਾਏ ਗਏ ਵਿਕਾਸ ਕੰਮਾਂ ਦੇ ਮਿਆਰ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੇ ਤਕਨੀਕੀ ਵਿੰਗ ਦੇ ਅਧਿਕਾਰੀਆਂ ਤੋਂ ਜਾਂਚ ਕਰਵਾਈ ਜਾਵੇ ਤਾਂ ਜੋ ਸਕੂਲਾਂ ਵਿੱਚ ਕੰਮ ਦੀ ਗੁਣਵੱਤਾ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨਾਲ ਰਾਬਤਾ ਬਣਾਉਣ ਲਈ ਸਮੇਂ-ਸਮੇਂ ਸਕੂਲਾਂ ਦਾ ਦੌਰਾ ਕੀਤਾ ਜਾਵੇ। ਉਨ੍ਹਾਂ ਮੀਟਿੰਗ ਵਿੱਚ ਗੈਰ ਹਾਜਰ ਰਹੇ ਕਮੇਟੀ ਮੈਂਬਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੀ ਹਦਾਇਤ ਵੀ ਕੀਤੀ।
ਮੀਟਿੰਗ ਵਿੱਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਜਸਪ੍ਰੀਤ ਕੌਰ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸੁਸ਼ੀਲ ਨਾਥ, ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸੰਜੀਵ ਗੌਤਮ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਦੀਦਾਰ ਸਿੰਘ ਮਾਂਗਟ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਕਮਲਦੀਪ ਕੌਰ, ਕਮੇਟੀ ਮੈਂਬਰ ਗੁਰਵਿੰਦਰ ਸੋਨੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।